ਹੋਲਾ-ਮਹੱਲਾ ਸ਼ਸ਼ਤ੍ਰ ਵਿਦਿਆ ਦੇ ਅਭਿਆਸ ਦਾ ਪ੍ਰਤੀਕ ਹੈ ਨਾਂ ਕਿ ਥੋਥੇ-ਕਰਮਕਾਂਡਾਂ ਦਾ ਮੁਥਾਜ !- ਅਵਤਾਰ ਸਿੰਘ ਮਿਸ਼ਨਰੀ (5104325827)
ਭਾ. ਕਾਨ੍ਹ ਸਿੰਘ ਜੀ ਨ੍ਹਾਭਾ ਨੇ "ਹੋਲੇ-ਮਹੱਲੇ" ਬਾਰੇ ਇਸ ਤਰ੍ਹਾਂ ਲਿਖਿਆ ਹੈ “ਯੁਧ ਵਿਦਿਆ ਦੇ ਅਭਿਆਸ ਨੂੰ ਨਿੱਤ ਨਵਾਂ ਰਖਣ ਵਾਸਤੇ ਕਲਗੀਧਰ ਜੀ ਦੀ ਚਲਾਈ ਹੋਈ ਰੀਤ ਅਨੁਸਾਰ ਚੇਤ ਵਧੀ ਇੱਕ ਨੂੰ ਸਿਖਾਂ ਵਿੱਚ ਹੋਲਾ ਮਹੱਲਾ ਹੁੰਦਾ ਹੈ ਜਿਸ ਦਾ ਹੋਲੀ ਦੀ ਰਸਮ ਨਾਲ ਕੋਈ ਸੰਬੰਧ ਨਹੀਂ। 'ਮਹੱਲਾ' ਇਕ ਪ੍ਰਕਾਰ ਦੀ ਮਸਨੂਈ ਲੜਾਈ ਹੈ। ਪੈਦਲ, ਘੋੜ-ਸਵਾਰ ਤੇ ਸ਼ਸਤਰਧਾਰੀ ਸਿੰਘ ਦੋ ਪਾਸਿਆਂ ਤੋਂ ਇਕ ਖਾਸ ਹੱਮਲੇ ਦੀ ਥਾਂ ਉੱਤੇ ਹਮਲਾ ਕਰਦੇ ਹਨ। ਕਲਗੀਧਰ ਜੀ ਆਪ ਇਸ ਬਨਾਉਟੀ ਲੜਾਈ ਨੂੰ ਵੇਖਦੇ ਅਤੇ ਦੋਹਾਂ ਦਲਾਂ ਨੂੰ ਲੋੜੀਂਦੀ ਸ਼ਸ਼ਤ੍ਰ ਵਿਦਿਆ ਦਿੰਦੇ ਸਨ। ਜਿਹੜਾ ਦਲ ਜੇਤੂ ਹੁੰਦਾ ਉਸ ਨੂੰ ਸਜੇ ਦੀਵਾਨ ਵਿਖੇ ਸਿਰੋਪਾ ਬਖਸ਼ਦੇ ਸਨ। ਅਸੀਂ ਸਾਲ ਪਿਛੋਂ ਇਹ ਰਸਮ ਨਾਮ ਮਾਤ੍ਰ ਪੂਰੀ ਕਰ ਛਡਦੇ ਹਾਂ ਪਰ ਲਾਭ ਕੁਝ ਨਹੀਂ ਉਠਾਉਂਦੇ। ਹਾਂਲਾਂ ਕਿ ਸ਼ਸਤਰ-ਵਿਦਿਆ ਤੋਂ ਅਨਜਾਣ ਸਿੱਖ, ਖਾਲਸਾ ਧਰਮ ਦੇ ਨਿਯਮਾਂ ਅਨੁਸਾਰ ਅਧੂਰਾ ਸਿੱਖ ਹੈ" ਹੋਰ ਲਿਖਦੇ ਹਨ-ਸ਼ੋਕ ਹੈ ਕਿ ਹੁਣ ਸਿਖਾਂ ਨੇ ਸ਼ਸਤਰ ਵਿਦਿਆ ਨੂੰ ਆਪਣੀ ਕੌਮੀ ਵਿਦਿਆ ਨਹੀਂ ਸਮਝਿਆ, ਸਿਰਫ ਫੌਜੀਆਂ ਦਾ ਕਰਤਬ ਮੰਨ ਲਿਆ ਹੈ। ਜਦ ਕਿ ਦਸਮੇਸ਼ ਜੀ ਦਾ ਉਪਦੇਸ਼ ਹੈ ਕਿ ਹਰ ਇਕ ਸਿਖ ਪੂਰਾ ਸੰਤ ਸਿਪਾਹੀ ਹੋਵੇ ਅਤੇ ਸ਼ਸਤਰ ਵਿਦਿਆ ਦਾ ਅਭਿਆਸ ਕਰੇ ਇਸ ਤੋਂ ਬਿਨਾਂ ਸਿੱਖ ਅਧੂਰਾ ਹੈ।